NEWS

🕒

ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ

 

ਚੰਡੀਗੜ੍ਹ, 21 ਮਾਰਚ

ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਾਸੋਂ ਅਸਤੀਫ਼ਾ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆ ਗਿਆ ਹੈ। ਇਹ ਕਾਰਵਾਈ ਅੰਮ੍ਰਿਤਸਰ ਵਿਖੇ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੀ ਕੋਸ਼ਿਸ਼ ਦੇ ਮਾਮਲੇ ਤੋਂ ਬਾਅਦ ਕੀਤੀ ਗਈ ਹੈ। ਨਾਲ ਹੀ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ।

ਦੱਸ ਦੇਈਏ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਇਸ ਲਈ ਆਮ ਆਦਮੀ ਪਾਰਟੀ ਸਰਕਾਰ ਦੇ ਇਕ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ।

ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਹੈ। ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।

ਗਗਨਦੀਪ ਸਿੰਘ ਰੰਧਾਵਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸੇਵਾ ਨਿਭਾ ਰਹੇ ਸਨ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ

Post a Comment

0 Comments